
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸੰਗਤ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਵਿਖੇ ਸੁੰਦਰ ਜਲੌਅ ਸਜਾਏ ਗਏ ਅਤੇ ਫੁੱਲਾਂ ਦੀ ਸਜਾਵਟ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਸਮੂਹ ਸਣੇ ਸ਼ਹਿਰ ਵਿੱਚ ਸਰਕਾਰੀ ਇਮਾਰਤਾਂ ’ਤੇ ਦੀਪਮਾਲਾ ਵੀ ਕੀਤੀ ਗਈ ਹੈ ਅਤੇ ਰਾਤ ਨੂੰ ਗੁਰੂ ਘਰ ਵਿੱਚ ਆਤਿਸ਼ਬਾਜ਼ੀ ਹੋਈ। ਸੰਗਤ ਨੇ ਸਰੋਵਰ ਵਿੱਚ ਇਸ਼ਨਾਨ ਕੀਤਾ ਮਗਰੋਂ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਸ੍ਰੀ ਦਰਬਾਰ ਸਾਹਿਬ ਨੂੰ ਆਉਣ ਜਾਣ ਵਾਲੇ ਰਸਤਿਆਂ ’ਤੇ ਅੱਜ ਸਾਰਾ ਦਿਨ ਭੀੜ ਲੱਗੀ ਰਹੀ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਲੰਗਰ ਵੀ ਲਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮਗਰੋਂ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਮੱਥਾ ਟੇਕਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਮਨੁੱਖਤਾ ਨੂੰ ਜੀਵਨ ਸੇਧਾਂ ਦੇਣ ਵਾਲੇ ਹਨ ਅਤੇ ਅੱਜ ਹਰ ਸਿੱਖ ਦਾ ਫ਼ਰਜ਼ ਹੈ ਕਿ ਗੁਰੂ ਆਸ਼ੇ ਮੁਤਾਬਿਕ ਜੀਵਨ ਜੀਵੇ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਗੁਰੂ ਰਾਮਦਾਸ ਦੇ ਜੀਵਨ ਤੋਂ ਜਾਣੂ ਕਰਵਾਇਆ।