AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸ਼ਹੀਦੀ ਦਿਹਾੜੇ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ’ਚ ਤਾਲਮੇਲ ਦੀ ਘਾਟ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 16 ਦਸੰਬਰ ਤੋਂ 31 ਦਸੰਬਰ ਤੱਕ ਸ਼ਹੀਦੀ ਪੰਦਰਵਾੜੇ ਦੌਰਾਨ ਗੁਰੂ ਘਰਾਂ ਵਿਚ ਸਾਦੇ ਲੰਗਰ ਬਣਾਉਣ ਦੇ ਆਦੇਸ਼ ਜਾਰੀ ਕੀਤੇ ਸਨ ਜਦ ਕਿ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ 21 ਤੋਂ 28 ਦਸੰਬਰ ਤੱਕ ਸ਼ਹੀਦੀ ਹਫ਼ਤਾ ਮਨਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਨ੍ਹਾਂ ਦਿਨਾਂ ਨੂੰ ਸ਼ਹੀਦੀ ਪੰਦਰਵਾੜਾ ਜਾਂ ਫਿਰ ਸ਼ਹੀਦੀ ਹਫ਼ਤਾ ਮਨਾਉਣ ਦੇ ਆਦੇਸ਼ਾਂ ਤੋਂ ਇੰਝ ਪ੍ਰਤੀਤ ਹੁੰਦਾ ਹੈ ਜਿਵੇਂ ਕਿ ਦੋਹਾਂ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਤਾਲਮੇਲ ਦੀ ਘਾਟ ਹੈ। ਐਡਵੋਕੇਟ ਧਾਮੀ ਨੇ ਆਦੇਸ਼ ਜਾਰੀ ਕਰਨ ਸਮੇਂ ਕਿਹਾ ਸੀ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼ੁਰੂ ਹੋਏ ਸ਼ਹੀਦੀ ਪੰਦਰਵਾੜੇ ਦੌਰਾਨ 16 ਦਸੰਬਰ ਤੋਂ 31 ਦਸੰਬਰ ਤੱਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਜਿੱਥੇ ਕਿਸੇ ਵਿਅਕਤੀ ਵਿਸ਼ੇਸ਼ ਨੂੰ ਸਿਰੋਪਾਓ ਅਤੇ ਵਿਸ਼ੇਸ਼ ਸਨਮਾਨ ਨਹੀਂ ਦਿੱਤੇ ਜਾਣਗੇ, ਉਥੇ ਹੀ ਲੰਗਰਾਂ ਵਿਚ ਵੀ ਮਿੱਠੇ ਪਕਵਾਨ ਨਹੀਂ ਬਣਨਗੇ। ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਸ਼ਹੀਦੀ ਪੰਦਰਵਾੜਾ ਸਿੱਖ ਕੌਮ ਲਈ ਬੇਹੱਦ ਭਾਵੁਕ ਸਮਾਂ ਹੈ। ਉਨ੍ਹਾਂ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਫ਼ੈਸਲੇ ਅਨੁਸਾਰ ਸ਼ਹੀਦੀ ਪੰਦਰਵਾੜੇ ਦੌਰਾਨ ਗੁਰੂ ਕੇ ਲੰਗਰਾਂ ਵਿਚ ਸਾਦੇ ਪਕਵਾਨ ਵਰਤਾਏ ਜਾਣਗੇ ਅਤੇ ਕਿਸੇ ਵੀ ਵਿਸ਼ੇਸ਼ ਵਿਅਕਤੀ ਨੂੰ ਸਿਰੋਪਾਓ ਨਹੀਂ ਦਿੱਤੇ ਜਾਣਗੇ। ਉਨ੍ਹਾਂ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਸੀ ਕਿ ਉਹ ਸ਼ਹੀਦੀ ਪੰਦਰਵਾੜੇ ਦੀ ਭਾਵੁਕਤਾ ਨੂੰ ਵੇਖਦਿਆਂ ਆਪੋ ਆਪਣੇ ਪ੍ਰਬੰਧਾਂ ਵਾਲੇ ਸਥਾਨਾਂ ’ਤੇ ਇਸ ਫ਼ੈਸਲੇ ਨੂੰ ਲਾਗੂ ਕਰਨ। ਉਨ੍ਹਾਂ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੀ ਯਾਦ ਵਿਚ ਵੱਧ ਤੋਂ ਵੱਧ ਗੁਰਬਾਣੀ ਦਾ ਜਾਪ ਕਰਨ ਦੀ ਅਪੀਲ ਵੀ ਕੀਤੀ।

Scroll to Top