
ਜਿੰਨਾ ਸਮਾਂ ਚੰਗੇ ਲੋਕ ਚੁਣ ਕੇ ਸ਼੍ਰੋਮਣੀ ਕਮੇਟੀ ਵਿਚ ਨਹੀਂ ਜਾਣਗੇ ਓਨਾ ਚਿਰ ਸ਼੍ਰੋਮਣੀ ਕਮੇਟੀ ’ਚ ਸੁਧਾਰ ਨਹੀਂ ਲਿਆਂਦਾ ਜਾ ਸਕਦਾ। ਇਹ ਵਿਚਾਰ ਸ਼੍ਰੋਮਣੀ ਕਮੇਟੀ ਦੀਆਂ ਨਵੀਆਂ ਬਣ ਰਹੀਆਂ ਵੋਟਾਂ ਦੇ ਸਬੰਧ ਵਿਚ ਬੁੱਧਵਾਰ ਨੂੰ ਇੱਥੇ ਗੁਰਦੁਆਰਾ ਸਾਹਿਬ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡੀ ਕੌਮ ਤਰੱਕੀ ਕਰੇ ਤਾਂ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੀ ਵੋਟ ਬਣਵਾ ਕੇ ਉਸ ਦਾ ਇਸਤੇਮਾਲ ਕਰ ਕੇ ਚੰਗੇ ਆਗੂਆਂ ਨੂੰ ਚੁਣ ਕੇ ਸ਼੍ਰੋਮਣੀ ਕਮੇਟੀ ਵਿਚ ਭੇਜੀਏ। ਅਸੀਂ ਸਿਆਸਤ ਤੋਂ ਰਹਿਤ ਸ਼੍ਰੋਮਣੀ ਕਮੇਟੀ ਬਣਾਉਣਾ ਚਾਹੁੰਦੇ ਹਾਂ ਇਸ ਲਈ ਜ਼ਰੂਰੀ ਹੈ ਕਿ ਹਰ ਸਿੱਖ ਆਪਣੀ ਵੋਟ ਬਣਾਵੇ। ਉਨ੍ਹਾਂ ਸਥਾਨਕ ਗੁਰਦੁਆਰਾ ਕਮੇਟੀਆਂ, ਪੰਚਾਇਤਾਂ, ਕਲੱਬਾਂ ਤੇ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਤੇ ਗੁਰੂ ਘਰਾਂ ਦੀ ਸੇਵਾ ਸੰਭਾਲ, ਪੰਥਕ ਜਜ਼ਬਾ ਰੱਖਣ ਵਾਲੇ ਲੋਕਾਂ ਨੂੰ ਦੇਣ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਅੱਗੇ ਆਉਣ।