AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਸਿੱਖ ਸੰਸਥਾ ਨੂੰ ਮਜ਼ਬੂਤ ਕਰਨ ਦਾ ਸੱਦਾ

ਇੱਥੇ ਅੱਜ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸਿੱਖ ਸੰਸਥਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਉਪਰੰਤ ਪਾਵਨ ਹੁਕਮਨਾਮਾ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਲਿਆ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਤੀ ਲਈ ਕੌਮ ਦੇ ਵਡੇਰਿਆਂ ਨੇ ਅਨੇਕਾਂ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਆਫਤਾਂ ਸਮੇਂ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਦੁਨੀਆ ਵਿੱਚ ਬਹੁਤ ਸਾਰੇ ਧਰਮ ਹਨ ਪਰ ਕਿਸੇ ਵੀ ਧਰਮ ਕੋਲ ਸ਼੍ਰੋਮਣੀ ਕਮੇਟੀ ਜਿਹੀ ਚੁਣੀ ਹੋਈ ਧਾਰਮਿਕ ਸੰਸਥਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਥ ਦੀ ਇਸ ਸਿਰਮੌਰ ਸੰਸਥਾ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਦਿਆਂ ਸੰਸਥਾ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਾ ਸਮੇਂ ਦੀ ਵੱਡੀ ਲੋੜ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਸ਼ਾਹਬਾਜ਼ ਸਿੰਘ ਹਾਜ਼ਰ ਸਨ।

Scroll to Top