
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 15 ਨਵੰਬਰ ਨੂੰ ਮਨਾਏ ਜਾ ਰਹੇ ਸਥਾਪਨਾ ਦਿਵਸ ਸਬੰਧੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤਾ ਗਿਆ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ 15 ਨਵੰਬਰ, 1920 ਨੂੰ ਹੋਈ ਸੀ। ਕੌਮ ਦੀ ਇਸ ਨੁਮਾਇੰਦਾ ਧਾਰਮਿਕ ਜਥੇਬੰਦੀ ਨੇ ਆਪਣੇ ਇਕ ਸਦੀ ਦੇ ਸਫ਼ਰ ਦੌਰਾਨ ਸਿੱਖੀ ਪ੍ਰਚਾਰ ਦੇ ਨਾਲ-ਨਾਲ ਵਿੱਦਿਆ, ਸਿਹਤ ਸੇਵਾਵਾਂ ਅਤੇ ਮਾਨਵ ਭਲਾਈ ਦੇ ਖੇਤਰ ਵਿਚ ਜ਼ਿਕਰਯੋਗ ਕਾਰਜ ਕੀਤੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਰਖਵਾ ਕੇ ਇਹ ਦਿਹਾੜਾ ਮਨਾਇਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਨੇ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕੌਮ ਨੂੰ ਇਕਜੁੱਟ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ। ਸਿੱਖ ਕੌਮ ਦੀ 103 ਸਾਲ ਪੁਰਾਣੀ ਇਸ ਧਾਰਮਿਕ ਨੁਮਾਇੰਦਾ ਜਥੇਬੰਦੀ ਦਾ ਸਥਾਪਨਾ ਦਿਵਸ ਮਨਾਉਣ ਦਾ ਮਕਸਦ ਜਿਥੇ ਇਸ ਲਈ ਆਪਾ ਕੁਰਬਾਨ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਯਾਦ ਕਰਨਾ ਹੈ, ਉਥੇ ਹੀ ਮੌਜੂਦਾ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣਾ ਵੀ ਹੈ। ਸ੍ਰੀ ਅਖੰਡ ਪਾਠ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਮੌਜੂਦ ਸਨ।