AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਣਨੀਤੀ ਉਲੀਕਣ ਵਾਸਤੇ ਮੀਟਿੰਗ ਸੱਦੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅਗਲੀ ਰਣਨੀਤੀ ਉਲੀਕਣ ਲਈ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ ਇੱਕ ਵਿਸ਼ੇਸ਼ ਮੀਟਿੰਗ ਚੰਡੀਗੜ੍ਹ ਵਿੱਚ 25 ਨਵੰਬਰ ਨੂੰ ਸੱਦਣ ਦਾ ਫ਼ੈਸਲਾ ਲਿਆ ਗਿਆ। ਇਸ ਮੌਕੇ ਫ਼ੈਸਲਾ ਲਿਆ ਗਿਆ ਕਿ ਬੁੱਧੀਜੀਵੀਆਂ ਕੋਲੋਂ ਮਿਲੇ ਸੁਝਾਵਾਂ ਨੂੰ ਵਿਚਾਰਨ ਵਾਸਤੇ ਬਾਅਦ ਵਿੱਚ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਸੱਦ ਕੇ ਭਵਿੱਖ ਦਾ ਪ੍ਰੋਗਰਾਮ ਐਲਾਨਿਆ ਜਾਵੇਗਾ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ ਨੇ 26 ਲੱਖ ਲੋਕਾਂ ਦੀ ਆਵਾਜ਼ ਪੰਜਾਬ ਦੇ ਰਾਜਪਾਲ ਕੋਲ ਰੱਖੀ ਸੀ। ਉਨ੍ਹਾਂ ਦੱਸਿਆ ਕਿ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਵਾਸਤੇ ਵੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦੀ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਅਗਾਮੀ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਲਈ ਵੋਟਾਂ ਬਣਾਉਣ ਪ੍ਰਤੀ ਸਰਕਾਰ ਸੰਜੀਦਾ ਨਹੀਂ ਹੈ, ਜਿਸ ਕਰਕੇ ਹੁਣ ਤੱਕ ਬਹੁਤ ਘੱਟ ਗਿਣਤੀ ਵਿੱਚ ਵੋਟਾਂ ਬਣੀਆਂ ਹਨ। ਅੰਤ੍ਰਿੰਗ ਕਮੇਟੀ ਵੱਲੋਂ ਇੱਕ ਮਤਾ ਪਾਸ ਕਰ ਕੇ ਮੁੱਖ ਕਮਿਸ਼ਨਰ, ਗੁਰਦੁਆਰਾ ਚੋਣਾਂ ਤੋਂ ਮੰਗ ਕੀਤੀ ਗਈ ਕਿ ਉਹ ਵੋਟਾਂ ਬਣਾਉਣ ਵਾਲੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਕਿ ਉਹ ਲੋਕਾਂ ਨੂੰ ਖੱਜਲ-ਖੁਆਰ ਨਾ ਕਰਨ। ਇਕੱਤਰਤਾ ’ਚ ਨਵੇਂ ਬਣੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਅੰਤ੍ਰਿੰਗ ਕਮੇਟੀ ਦੇ ਨਵੇਂ ਮੈਂਬਰ ਸ਼ਾਮਲ ਸਨ।

Scroll to Top