AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸਿੱਖ ਵਕੀਲਾਂ ਨੂੰ ਜੱਜ ਨਿਯੁਕਤ ਨਾ ਕਰਨ ‘ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਪ੍ਰਗਟਾਈ ਨਰਾਜ਼ਗੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੇਸ਼ ਦੀ ਸਰਬਉੱਚ ਅਦਾਲਤ ਦੇ ਕਾਲੇਜੀਅਮ ਵੱਲੋਂ ਕੀਤੀਆਂ ਸਿਫ਼ਾਰਸ਼ਾਂ ਦੇ ਬਾਵਜੂਦ ਦੋ ਯੋਗ ਸਿੱਖ ਉਮੀਦਵਾਰਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਨਿਯੁਕਤ ਨਾ ਕੀਤੇ ਜਾਣ ਨੂੰ ਭਾਰਤ ਅੰਦਰ ਸਿੱਖਾਂ ਵਾਸਤੇ ਗੁਲਾਮੀ ਦਾ ਅਹਿਸਾਸ ਕਰਵਾਉਣ ਵਾਲੀ ਘਟਨਾ ਕਰਾਰ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖਾਂ ਨੂੰ ਉਨ੍ਹਾਂ ਦੀ ਯੋਗਤਾ ਤੇ ਕਾਬਲੀਅਤ ਦੇ ਬਾਵਜੂਦ ਦੇਸ਼ ਦੇ ਉੱਚ ਅਹੁਦਿਆਂ ’ਤੇ ਨਿਯੁਕਤ ਕਰਨ ਤੋਂ ਮਿੱਥ ਕੇ ਰੋਕਣਾ ਦੇਸ਼ ਦੀ ਆਜ਼ਾਦੀ ਲਈ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਮੁੱਚੀ ਸਿੱਖ ਕੌਮ ਦਾ ਅਪਮਾਨ ਹੈ। ਸਰਕਾਰਾਂ ਹਮੇਸ਼ਾ ਸਿੱਖਾਂ ਵੱਲੋਂ ਦੇਸ਼ ਦੇ ਅੰਦਰ ਉਨ੍ਹਾਂ ਨਾਲ ਇਕ ਘੱਟ-ਗਿਣਤੀ ਕੌਮ ਹੋਣ ਕਾਰਨ ਵਿਤਕਰੇ ਕੀਤੇ ਜਾਣ ਦੇ ਇਤਰਾਜ਼ ਨੂੰ ਸਵੀਕਾਰ ਕਰਨ ਤੋਂ ਮੁਨਕਰ ਹੁੰਦੀਆਂ ਆ ਰਹੀਆਂ ਹਨ ਪਰ ਹੁਣ ਤਾਂ ਦੇਸ਼ ਦੀ ਸੁਪਰੀਮ ਕੋਰਟ ਨੇ ਹੀ ਕੇਂਦਰ ਸਰਕਾਰ ਨੂੰ ਸਵਾਲ ਕਰ ਦਿੱਤਾ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਵੇਲੇ ਕਾਲੇਜੀਅਮ ਵੱਲੋਂ ਕੀਤੀਆਂ ਸਿਫ਼ਾਰਸ਼ਾਂ ਨੂੰ ਕੇਂਦਰ ਸਰਕਾਰ ਵੱਲੋਂ ਚੋਣਵੇਂ ਆਧਾਰ ’ਤੇ ਲਾਗੂ ਕਰ ਕੇ ਜਿਨ੍ਹਾਂ ਦੋ ਉਮੀਦਵਾਰਾਂ ਨੂੰ ਅਣਡਿੱਠ ਕਰ ਦਿੱਤਾ ਗਿਆ ਹੈ ਉਹ ਦੋਵੇਂ ਸਿੱਖ ਹਨ। ਜਿਸ ਕਰਕੇ ਕੇਂਦਰ ਜਵਾਬ ਦੇਵੇ ਕਿ ਸਰਕਾਰ ਦੇ ਅਜਿਹਾ ਕਰਨ ਪਿੱਛੇ ਕਾਰਨ ਕੀ ਹੈ? ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖਾਂ ਨਾਲ ਜਾਣ-ਬੁੱਝ ਕੇ ਵਿਤਕਰਾ ਕਰਨ ਤੋਂ ਇਲਾਵਾ ਇਸ ਦਾ ਹੋਰ ਕੋਈ ਕਾਰਨ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਵਾਰ-ਵਾਰ ਅਲਹਿਦਗੀ ਦਾ ਅਹਿਸਾਸ ਕਰਵਾਇਆ ਜਾਣਾ ਭਾਰਤ ਦੀ ਧਰਮ ਨਿਰਪੱਖਤਾ ਤੇ ਜਮਹੂਰੀਅਤ ਲਈ ਸ਼ਰਮਨਾਕ ਤੇ ਮੰਦਭਾਗਾ ਹੈ।

Scroll to Top