AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸਿੱਖ ਸੰਗਠਨਾਂ ਵੱਲੋਂ ਬਠਿੰਡਾ ਵਿੱਚ ਰੋਸ ਮਾਰਚ

ਵਿਸ਼ਵ ਮਨੁੱਖੀ ਅਧਿਕਾਰ ਦਿਵਸ ਦੇ ਸਬੰਧ ਵਿੱਚ ਅੱਜ ਦਲ ਖਾਲਸਾ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਖਾਲਿਸਤਾਨ ਦੇ ਹੱਕ ਵਿੱਚ ਅਤੇ ਸੂਬਾ ਤੇ ਕੇਂਦਰ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਵੇਂ ਕਿ ਇਸ ਮਾਰਚ ਨੂੰ ਰੋਕਣ ਲਈ ਪੁਲੀਸ ਨੇ ਨਾਕੇ ਲਗਾਏ ਹੋਏ ਸਨ ਪਰ ਪ੍ਰਦਰਸ਼ਨਕਾਰੀਆਂ ਨੇ ਸਾਰੀਆਂ ਰੋਕਾਂ ਤੋੜ ਕੇ ਸ਼ਹਿਰ ਵਿੱਚ ਮਾਰਚ ਕੀਤਾ। ਇਸ ਮੌਕੇ ਡਾ. ਜਸਬੀਰ ਸਿੰਘ ਡਾਂਗੋ ਤੇ ਦਲ ਖਾਲਸਾ ਦੀ ਪੀਏਸੀ ਦੇ ਮੈਂਬਰ ਗੁਰਵਿੰਦਰ ਸਿੰਘ ਖਾਲਸਾ ਨੇ ਦੋਸ਼ ਲਾਇਆ ਕਿ ਪੁਲੀਸ ਵੱਲੋਂ ਪ੍ਰਦਰਸ਼ਨਕਾਰੀ ਸਿੰਘਾਂ ਨੂੰ ਗੁਰਦੁਆਰਾ ਸਿੰਘ ਸਭਾ ਅੰਦਰ ਨਤਮਸਤਕ ਨਾ ਹੋਣ ਦੇਣ ਲਈ ਰੋਕਾਂ ਲਗਾਈਆਂ ਹੋਈਆਂ ਸਨ ਅਤੇ ਦਲ ਖਾਲਸਾ ਤੇ ਹਮਾਇਤੀ ਜਥੇਬੰਦੀਆਂ ਦੇ ਆਗੂਆਂ ਨੂੰ ਮਾਰਚ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਘੱਟ-ਗਿਣਤੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰ ਕੁਚਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਘੱਟ-ਗਿਣਤੀਆਂ ਨੂੰ ਵਿਚਾਰਾਂ ਦਾ ਪ੍ਰਗਟਾਵਾ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ। ਉਨ੍ਹਾਂ ਜੰਮੂ ਕਸ਼ਮੀਰ ਅਤੇ ਮਨੀਪੁਰ ਵਿੱਚ ਹੋਈ ਹਿੰਸਾ ਦੀ ਨਿਖੇਧੀ ਕਰਨ ਤੋਂ ਇਲਾਵਾ ਡੇਰਾ ਸਿਰਸਾ ਦੇ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਵੀ ਇਤਰਾਜ਼ ਦਾਇਰ ਕੀਤਾ ਅਤੇ ਮੰਗ ਕੀਤੀ ਕਿ ਬਿਨਾ ਕਾਰਨ ਜੇਲ੍ਹਾਂ ’ਚ ਬੰਦ ਸਿੱਖਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਿਦੇਸ਼ਾਂ ਵਿੱਚ ਵੀ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਜਿਸ ਕਾਰਨ ਸਿੱਖਾਂ ’ਚ ਭਾਰੀ ਰੋਸ ਹੈ।

Scroll to Top