AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸੁਖਬੀਰ ਬਾਦਲ ਨੇ ਬੇਅਦਬੀ ਘਟਨਾ ਲਈ ਪੰਥ ਤੋਂ ਮੁਆਫ਼ੀ ਮੰਗੀ

ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਸਾਲ 2015 ਵਿੱਚ ਵਾਪਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਅਤੇ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਅਸਫ਼ਲ ਰਹਿਣ ਲਈ ਸਿੱਖ ਪੰਥ ਕੋਲੋਂ ਮੁਆਫ਼ੀ ਮੰਗੀ ਹੈ। ਉਹ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਨ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੇ ਅਸਥਾਨ ’ਤੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਆਖਿਆ ਕਿ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਆਖ਼ਰੀ ਸਮੇਂ ਤੱਕ ਇਸ ਗੱਲ ਦਾ ਦੁੱਖ ਰਿਹਾ ਹੈ ਕਿ ਉਨ੍ਹਾਂ ਦੀ ਪੰਥਕ ਸਰਕਾਰ ਦੇ ਕਾਰਜਕਾਲ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਅਤੇ ਉਹ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇ। ਉਨ੍ਹਾਂ ਖੁਲਾਸਾ ਕੀਤਾ ਕਿ ਉਸ ਵੇਲੇ ਹਾਲਾਤ ਦੇ ਦਬਾਅ ਕਾਰਨ ਅਕਾਲੀ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਦੇ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਬਾਅਦ ’ਚ ਆਈਆਂ ਹੁਣ ਤੱਕ ਦੀਆਂ ਸਰਕਾਰਾਂ ਵੀ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀਆਂ ਜਦੋਂਕਿ ਉਨ੍ਹਾਂ ਇਸ ਮੁੱਦੇ ’ਤੇ ਸਿਆਸਤ ਕੀਤੀ ਅਤੇ ਲੋਕਾਂ ਦੇ ਜਜ਼ਬਾਤ ਨਾਲ ਖੇਡਦਿਆਂ ਸਰਕਾਰਾਂ ਬਣਾਈਆਂ। ਉਨ੍ਹਾਂ ਪੰਥ ਕੋਲੋਂ ਬਿਨਾਂ ਸ਼ਰਤ ਮੁਆਫ਼ੀ ਮੰਗਦਿਆਂ ਵਾਅਦਾ ਕੀਤਾ ਕਿ ਮੌਕਾ ਮਿਲਣ ’ਤੇ ਅਕਾਲੀ ਦਲ ਕਥਿਤ ਦੋਸ਼ੀਆਂ ਨੂੰ ਨਾ ਸਿਰਫ਼ ਗ੍ਰਿਫ਼ਤਾਰ ਕਰੇਗਾ ਸਗੋਂ ਇਸ ਮੁੱਦੇ ’ਤੇ ਸਿਆਸਤ ਕਰਨ ਵਾਲਿਆਂ ਨੂੰ ਵੀ ਬੇਨਕਾਬ ਕਰੇਗਾ।

Leave a Comment

Your email address will not be published. Required fields are marked *

Scroll to Top