AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸੁਖਬੀਰ ਵੱਲੋਂ ਭਗਵੰਤ ਮਾਨ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਇੱਥੋਂ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰਕੇ ਇਕ ਕਰੋੜ ਰੁਪਏ ਹਰਜਾਨੇ ਦੀ ਮੰਗ ਕੀਤੀ ਗਈ ਹੈ। ਅਦਾਲਤ ਨੂੰ ਦਿੱਤੀ ਅਰਜ਼ੀ ਵਿੱਚ ਉਨ੍ਹਾਂ ਭਗਵੰਤ ਮਾਨ ’ਤੇ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲ ਦਲ ਦੀ ਇੱਜ਼ਤ ’ਤੇ ਧੱਬਾ ਲਾਉਣ ਦਾ ਦੋਸ਼ ਲਾਇਆ ਹੈ| ਅਦਾਲਤ ਨੇ ਮੁੱਖ ਮੰਤਰੀ ਨੂੰ 19 ਫਰਵਰੀ ਲਈ ਸੰਮਨ ਜਾਰੀ ਕਰ ਦਿੱਤੇ ਹਨ| ਸ੍ਰੀ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਤਾਂ ਬਾਦਲ ਪਰਿਵਾਰ ਖ਼ਿਲਾਫ਼ ਝੂਠ ਬੋਲਦੇ ਹੀ ਸਨ ਹੁਣ ਮੁੱਖ ਮੰਤਰੀ ਬਣਨ ਮਗਰੋਂ ਅਜਿਹਾ ਕਰਨ ਤੋਂ ਨਹੀਂ ਹਟੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਉਨ੍ਹਾਂ ਦੇ ਹਰਿਆਣਾ ਸਥਿਤ ਬਾਲਾਸਰ ਫਾਰਮ ਨੂੰ ਜਾਂਦੀ ਕੱਸੀ ਬਾਰੇ ਝੂਠ ਬੋਲਿਆ ਕਿ ਇਹ ਅਕਾਲੀ ਦਲ ਸਰਕਾਰ ਦੇ ਰਾਜ ਵੇਲੇ ਕੱਢੀ ਗਈ ਹੈ ਅਤੇ ਇਹ ਕੱਸੀ ਬਾਦਲ ਪਰਿਵਾਰ ਦੇ ਖੇਤ ਤੱਕ ਜਾਂਦੀ ਹੈ| ਦੂਜਾ ਝੂਠ ਬਾਦਲ ਪਰਿਵਾਰ ਦੀ ਟਰਾਂਸਪੋਰਟ ਬਾਰੇ ਬੋਲਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਪਰਮਿਟ ‘ਐਕਸਟੈਂਡ’ ਕਰਵਾ ਕੇ ਚੰਡੀਗੜ੍ਹ ਦੇ ਕਰਵਾ ਲਏ ਹਨ| ਇਸ ਤਰ੍ਹਾਂ ਉਹ ਲਗਾਤਾਰ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਅਕਸ ਖ਼ਰਾਬ ਕਰ ਰਹੇ ਹਨ। ਇਸ ਲਈ ਉਨ੍ਹਾਂ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰਕੇ ਇਕ ਕਰੋੜ ਰੁਪਏ ਹਰਜਾਨੇ ਅਤੇ ਕਾਰਵਾਈ ਦੀ ਮੰਗ ਕੀਤੀ ਹੈ| ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਜ਼ਿਲ੍ਹਾ ਪ੍ਰਧਾਨ ਪ੍ਰੀਤਇੰਦਰ ਸਿੰਘ ਸੇਮਵਾਲੀ ਤੇ ਜਗਜੀਤ ਸਿੰਘ ਹਨੀ ਫੱਤਣਵਾਲਾ ਵੀ ਮੌਜੂਦ ਸੀ| ਇਸ ਦੌਰਾਨ ਸੁਖਬੀਰ ਬਾਦਲ ਦੇ ਵਕੀਲ ਮਨਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ 17 ਨਵੰਬਰ ਨੂੰ ਰਜਿਸਟਰਡ ਡਾਕ ਰਾਹੀਂ ਕਾਨੂੰਨੀ ਨੋਟਿਸ ਭੇਜ ਕੇ ਬਿਨਾਂ ਸ਼ਰਤ ਮੁਆਫ਼ੀ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਵੱਲੋਂ ਨਾ ਤਾਂ ਮੁਆਫੀ ਮੰਗੀ ਤੇ ਨਾ ਹੀ ਪੱਤਰ ਦਾ ਜਵਾਬ ਦਿੱਤਾ ਗਿਆ। ਇਸ ਕਾਰਨ ਅੱਜ ਇਥੇ ਸੀਜੇਐਮ ਜਤਿੰਦਰਪਾਲ ਸਿੰਘ ਦੀ ਅਦਾਲਤ ਵਿੱਚ ਕੇਸ ਦਾਖ਼ਲ ਕੀਤਾ ਗਿਆ ਜਿਹੜਾ ਉਨ੍ਹਾਂ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਿਵੀਜ਼ਨ ਰਾਜਪਾਲ ਰਾਵਲ ਦੀ ਅਦਾਲਤ ਨੂੰ ਭੇਜ ਦਿੱਤਾ ਹੈ।

Scroll to Top