
ਸ਼੍ਰੋਮਣੀ ਅਕਾਲ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ‘ਆਪ’ ਸਰਕਾਰ ਉੱਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਰਥਿਕ ਬਹਿਸ ਕਰਨ ਲਈ ਤਿਆਰ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਐੱਸਵਾਈਐੱਲ ਅਤੇ ਹੋਰ ਵਿਸ਼ੇਸ਼ ਮੁੱਦਿਆਂ ’ਤੇ ਬਹਿਸ ਕਰਨ ਲਈ ਤਿਆਰ ਰਹਿਣ ਲਈ ਕਿਹਾ ਹੈ। ਉਨ੍ਹਾਂ ਅੱਜ ਇੱਥੇ ਧਰਮਕੋਟ ਸਬ ਡਵਿੀਜ਼ਨ ਅਧੀਨ ਸਤਲੁਜ ਦਰਿਆ ਨੇੜਲੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ ਕੀਤਾ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਧਰਮਕੋਟ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਅਤੇ ਲੋਕ ਸਭਾ ਚੋਣਾਂ ਲਈ ਵਿਚਾਰਾਂ ਕੀਤੀਆਂ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਨੇ ਫ਼ੈਸਲਾ ਲਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਭਲਕੇ ਐੱਸਵਾਈਐਲ ਅਤੇ ਹੋਰ ਵਿਸੇਸ਼ ਮੁੱਦਿਆਂ ’ਤੇ ਬਹਿਸ ਕਰਨ ਲਈ ਕੇਵਲ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ, ਹਲਕਾ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹੀ ਸ਼ਾਮਲ ਹੋਣਗੇ।