AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸੁਲਤਾਨਪੁਰ ਲੋਧੀ ’ਚ ਵਾਪਰੀ ਘਟਨਾ ਦੀ ਸੀਬੀਆਈ ਜਾਂਚ ਹੋਵੇ: ਅਕਾਲੀ ਦਲ

ਇੱਥੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ’ਤੇ ਸ਼ਾਂਤਮਈ ਬੈਠੀ ਸੰਗਤ ’ਤੇ ਹਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਹੋਇਆ ਸੀ। ਇਸ ਘਟਨਾ ਦੀ ਸੀਬੀਆਈ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੋਰ ਕਮੇਟੀ ਨੇ ਇਸ ਘਟਨਾ ਦੀ ਜਾਂਚ ਲਈ ਕਪੂਰਥਲਾ ਦੇ ਐੱਸਐੱਸਪੀ ਦੀ ਅਗਵਾਈ ਹੇਠ ਬਣੀ ਐੱਸਆਈਟੀ ਰੱਦ ਕਰ ਦਿੱਤੀ। ਇਸ ਦੌਰਾਨ ਸੁਖਬੀਰ ਨੇ ਕਿਹਾ ਕਿ ‘ਆਪ’ ਸਰਕਾਰ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨ ਲਈ ਸੂਬੇ ਦੀ ਪੁਲੀਸ ਦੀ ਦੁਰਵਰਤੋਂ ਕਰਨ ਦੀ ਦੋਸ਼ੀ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਗੁਰਦੁਆਰਾ ਸਾਹਿਬ ਵਿਚ ਉਸ ਵੇਲੇ ਦਾਖਲ ਹੋਈ ਜਦੋਂ ਸੰਗਤ ਅਰਦਾਸ ਕਰ ਰਹੀ ਸੀ। ਇਸ ਦੌਰਾਨ ਪੁਲੀਸ ਨੇ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹੇਵਾਹ ਗੋਲਬਾਰੀ ਕੀਤੀ। ਸੁਲਤਾਨਪੁਰ ਲੋਧੀ ਵਿਚ ਕਾਨੂੰਨ ਵਿਵਸਥਾ ਠੀਕ ਸੀ। ਲੋਕ ਕਿਸੇ ਵੀ ਤਰੀਕੇ ਤੰਗ ਨਹੀਂ ਸਨ। ਇਸ ਦੌਰਾਨ ਕੋਰ ਕਮੇਟੀ ਨੇ 15 ਜਨਵਰੀ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਕਰਨਗੇ ਤੇ ਸੂਬੇ ਦੇ ਸਾਰੇ ਹਲਕਿਆਂ ਵਿਚ ਪਦਯਾਤਰਾ ਕਰਨਗੇ। ਇਸ ਯਾਤਰਾ ਦਾ ਮਕਸਦ ਲੋਕਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਆਧਾਰ ਤਿਆਰ ਕਰ ਕੇ 2024 ਦੀਆਂ ਚੋਣਾਂ ’ਚ ‘ਆਪ’ ਦੀ ਕਰਾਰੀ ਹਾਰ ਯਕੀਨੀ ਬਣਾਉਣਾ ਹੈ। ਕੋਰ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 26 ਲੱਖ ਲੋਕਾਂ ਦੇ ਹਸਤਾਖ਼ਰ ਵਾਲੇ ਫਾਰਮ ਇਕੱਠੇ ਕੀਤੇ ਹਨ, ਜਿਨ੍ਹਾਂ ਰਾਹੀਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ-ਨਾਲ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਇਹ ਫਾਰਮ 20 ਦਸੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 20 ਦਸੰਬਰ ਨੂੰ ਰਾਸ਼ਟਰਪਤੀ ਨੂੰ ਫਾਰਮ ਸੌਂਪਣ ਦਾ ਸੱਦਾ ਦਿੱਤਾ ਹੈ। ਮੀਟਿੰਗ ’ਚ ਬਲਵਿੰਦਰ ਸਿੰਘ ਭੂੰਦੜ, ਹਰਜਿੰਦਰ ਸਿੰਘ ਧਾਮੀ, ਪਰਮਜੀਤ ਸਿੰਘ ਸਰਨਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਇਕਬਾਲ ਸਿੰਘ ਝੂੰਦਾ, ਐਨਕੇ ਸ਼ਰਮਾ, ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਕੁਮਾਰ ਟੀਨੂੰ, ਸਰਬਜੀਤ ਸਿੰਘ ਝਿੰਜਰ ਅਤੇ ਬਲਦੇਵ ਸਿੰਘ ਮਾਨ ਹਾਜ਼ਰ ਸਨ।

Scroll to Top