
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬੰਦੀ ਛੋੜ ਦਿਵਸ ਮੌਕੇ ਦਿੱਤੇ ਸੰਦੇਸ਼ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਅਤੇ ਸਿੱਖ ਸੰਸਥਾਵਾਂ ਨੂੰ ਸਰਗਰਮ ਯਤਨ ਕਰਨ ਦੇ ਆਦੇਸ਼ ਮਗਰੋਂ ਮੰਗਲਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਇਸ ਮਾਮਲੇ ਦਾ ਰਾਜਸੀਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਆਲੋਚਨਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਮੁੱਚੀ ਕੌਮ ਦਾ ਹੈ ਅਤੇ ਇਸ ਨੂੰ ਲੈ ਕੇ ਗ਼ੈਰ-ਸੰਜੀਦਗੀ ਠੀਕ ਨਹੀਂ ਹੈ। ਦਿੱਲੀ ਕਮੇਟੀ ਵੱਲੋਂ ਇਸ ’ਤੇ ਰਾਜਨੀਤੀ ਕਰਨੀ ਦੁਖਦਾਈ ਹੈ। ਮੰਗਲਵਾਰ ਨੂੰ ਦਿੱਲੀ ਕਮੇਟੀ ਦੇ ਆਗੂਆਂ ਵੱਲੋਂ ਮੀਡੀਆ ਨਾਲ ਗੱਲ ਕਰਦਿਆਂ ਪੰਥ ਵਿਚ ਵੰਡੀਆਂ ਪਾਉਣ ਵਾਲੇ ਬਿਆਨ ਦੇਣੇ ਸਿੱਖ ਸੰਸਥਾ ਨੂੰ ਸ਼ੋਭਾ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਦੇ ਵੀ ਚੁੱਪ ਨਹੀਂ ਰਹੀ ਅਤੇ ਹੁਣ ਵੀ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਵੀ ਵੱਖ-ਵੱਖ ਤਰੀਕਿਆਂ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜ ਕਰਨ ਦੇ ਨਾਲ-ਨਾਲ ਪੰਥਕ ਇਕੱਤਰਤਾਵਾਂ ਵੀ ਕੀਤੀਆਂ ਹਨ। ਕੁਝ ਸਮਾਂ ਪਹਿਲਾਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ 11 ਮੈਂਬਰੀ ਕਮੇਟੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਗਠਨ ਕੀਤਾ ਗਿਆ ਸੀ ਪ੍ਰੰਤੂ ਦੁੱਖ ਦੀ ਗੱਲ ਹੈ ਕਿ ਇਸ ਨੂੰ ਤਾਰਪੀਡੋ ਕਰਨ ਵਿਚ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਵੀ ਭੂਮਿਕਾ ਘੱਟ ਨਹੀਂ ਸੀ। ਉਨ੍ਹਾਂ ਸਵਾਲ ਕੀਤਾ ਕਿ ਦਿੱਲੀ ਕਮੇਟੀ ਦੱਸੇ ਕਿ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਹੁਣ ਤੱਕ ਕੀ ਯਤਨ ਕੀਤੇ ਹਨ।