AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਸੰਗਰੂਰ ’ਚ ਕੰਪਿਊਟਰ ਅਧਿਆਪਕਾਂ ਅਤੇ ਪੁਲੀਸ ਵਿਚਾਲੇ ਝੜਪ

ਪੰਜਾਬ ਭਰ ਤੋਂ ਵੱਡੀ ਤਾਦਾਦ ’ਚ ਮੁੱਖ ਮੰਤਰੀ ਦੀ ਕੋਠੀ ਅੱਗੇ ਪੁੱਜੇ ਕੰਪਿਊਟਰ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਝੜਪ ਹੋਈ ਜਿਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਲੱਥ ਗਈਆਂ, ਕੱਪੜੇ ਫ਼ਟ ਗਏ ਅਤੇ ਮਾਮੂਲੀ ਸੱਟਾਂ ਵੀ ਲੱਗੀਆਂ। ਇਸ ਮੌਕੇ ਪੁਲੀਸ ਦੇ ਬੈਰੀਕੇਡ ਪ੍ਰਦਰਸ਼ਨਕਾਰੀਆਂ ਨੇ ਪੁੱਟ ਦਿੱਤੇ ਅਤੇ ਉਹ ਪੁਲੀਸ ਨਾਕਾ ਟੱਪ ਕੇ ਅੱਗੇ ਵਧੇ ਪਰ ਦੂਜੇ ਨਾਕੇ ’ਤੇ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਸਰਕਾਰ ਨਾਲ ਮੀਟਿੰਗ ਤੈਅ ਕਰਾਉਣ ਲਈ ਕਾਫ਼ੀ ਸਮਾਂ ਪੁਲੀਸ ਅਧਿਕਾਰੀਆਂ ਅਤੇ ਯੂਨੀਅਨ ਆਗੂਆਂ ਦਰਮਿਆਨ ਗੱਲਬਾਤ ਚਲਦੀ ਰਹੀ ਪਰ ਗੱਲ ਕਿਸੇ ਤਣ ਪੱਤਣ ਨਾ ਲੱਗਣ ਕਾਰਨ ਮਾਹੌਲ ਮੁੜ ਤਣਾਅਪੂਰਨ ਬਣ ਗਿਆ ਅਤੇ ਦੋਵਾਂ ਧਿਰਾਂ ਵਿਚਕਾਰ ਝੜਪ ਹੋ ਗਈ। ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਤੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਦੀ ਅਗਵਾਈ ਹੇਠ ਕੰਪਿਊਟਰ ਅਧਿਆਪਕ ਅੱਜ ਕੌਮੀ ਹਾਈਵੇਅ ਦੇ ਪਟਿਆਲਾ-ਸੰਗਰੂਰ ਬਾਈਪਾਸ ਦੇ ਓਵਰਬ੍ਰਿਜ ਨੇੜੇ ਇਕੱਠੇ ਹੋਏ ਜਿੱਥੇ ਰੋਸ ਰੈਲੀ ਕੀਤੀ ਗਈ। ਇਸ ਮਗਰੋਂ ਰੋਸ ਮਾਰਚ ਕਰਦਿਆਂ ਜਿਉਂ ਹੀ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਨੇੜੇ ਪੁੱਜੇ ਤਾਂ ਪੁਲੀਸ ਨੇ ਨਾਕੇਬੰਦੀ ਕਰਕੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਬੈਰੀਕੇਡ ਪੁੱਟ ਦਿੱਤੇ ਪਰ ਅਗਲੀ ਨਾਕੇਬੰਦੀ ’ਤੇ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਦੋਸ਼ ਲਾਇਆ ਕਿ ਪੁਲੀਸ ਵਲੋਂ ਕੰਪਿਊਟਰ ਅਧਿਆਪਕਾਂ ਉਪਰ ਲਾਠੀਚਾਰਜ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਤੋਂ ਇਲਾਵਾ ਪਰਮਿੰਦਰ ਸਿੰਘ, ਰੋਬਨਿ ਸ਼ਰਮਾ ਮਾਲੇਰਕੋਟਲਾ, ਨੈਬ ਸਿੰਘ ਅਹਿਮਦਗੜ੍ਹ, ਪਰਵਿੰਦਰ ਸਿੰਘ, ਰਾਖੀ ਮੈਨਨ, ਹਰਜਿੰਦਰ ਕੌਰ, ਅਨਿਲ ਐਰੀ, ਪਰਮਵੀਰ ਸਿੰਘ, ਪਰਮ ਸੰਧੂ ਤੇ ਭਰਾਤਰੀ ਆਗੂਆਂ ਬਲਵੀਰ ਚੰਦ, ਬਲਜੀਤ ਸਿੰਘ ਦੇ ਸੱਟਾਂ ਲੱਗੀਆਂ ਹਨ। ਕਈਆਂ ਦੀਆਂ ਪੱਗਾਂ ਲੱਥ ਗਈਆਂ ਅਤੇ ਕੱਪੜੇ ਤੱਕ ਫ਼ਟ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੱਤਾ ਦੇ ਜ਼ੋਰ ਨਾਲ ਕੰਪਿਊਟਰ ਅਧਿਆਪਕਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਜਦੋਂਕਿ ਉਹ ਆਪਣਾ ਹੱਕ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਨੂੰ 6ਵਾਂ ਤਨਖਾਹ ਕਮਿਸ਼ਨ ਮਿਲ ਚੁੱਕਿਆ ਹੈ ਪਰ ਕੰਪਿਊਟਰ ਅਧਿਆਪਕਾਂ ਨੂੰ ਜਾਣਬੁੱਝ ਕੇ ਵਾਂਝਾ ਰੱਖਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ 22 ਸਤੰਬਰ 2022 ਨੂੰ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਮੌਕੇ ਤੋਹਫ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਨਾ 6ਵਾਂ ਤਨਖਾਹ ਕਮਿਸ਼ਨ ਮਿਲਿਆ ਹੈ ਤੇ ਨਾ ਹੋਰ ਮੰਗਾਂ ਮੰਨੀਆਂ ਗਈਆਂ ਹਨ। ਹੁਣ ਤਕ 90 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਜਨਿ੍ਹਾਂ ਦੇ ਆਸ਼ਰਿਤਾਂ ਨੂੰ ਨਾ ਨੌਕਰੀ ਤੇ ਨਾ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ 16 ਨਵੰਬਰ ਦੀ ਮੀਟਿੰਗ ਤੈਅ ਕਰਵਾਈ ਗਈ ਜਿਸ ਮਗਰੋਂ ਪ੍ਰਦਰਸ਼ਨ ਖਤਮ ਹੋਇਆ।

Scroll to Top