AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਸੰਯੁਕਤ ਕਿਸਾਨ ਮੋਰਚਾ ਤੇ 18 ਜਥੇਬੰਦੀਆਂ ਵੱਲੋਂ ਕੇਂਦਰ ਖ਼ਿਲਾਫ਼ ਮਹਾਰੈਲੀ

ਇੱਥੇ ਦਾਣਾ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵੱਲੋਂ ਉੱਤਰ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੀ ਸ਼ਮੂਲੀਅਤ ਨਾਲ ਕਿਸਾਨ ਮਹਾਪੰਚਾਇਤ ਰੈਲੀ ਕਰਵਾਈ ਗਈ। ਆਗੂਆਂ ਨੇ ਕਿਹਾ ਕਿ ਦੋਵੇਂ ਫੋਰਮਾਂ ਦੀ ਸਾਂਝੀ ਅਗਵਾਈ ਹੇਠ ਭਾਰਤ ਪੱਧਰੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਅਤੇ ਦਿੱਲੀ ਘੋਲ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਕਿਸਾਨ 13 ਫ਼ਰਵਰੀ ਨੂੰ ਦਿੱਲੀ ਵੱਲ ਕੂਚ ਕਰਨਗੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸੁਰਜੀਤ ਫੂਲ, ਜਸਵਿੰਦਰ ਸਿੰਘ ਲੌਂਗੋਵਾਲ ਅਤੇ ਸਰਵਨ ਸਿੰਘ ਪੰਧੇਰ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਲਈ ਐੱਮਐੱਸਪੀ ਕਾਨੂੰਨ ਬਣਾ ਕੇ ਫ਼ਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਦੇਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ, ਕਿਸਾਨਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਇਸ ਤੋਂ ਇਲਾਵਾ ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿੰਦੀਆਂ ਮੰਗਾਂ ਜਿਵੇਂ ਕਿ ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ਼, ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕੀਤਾ ਜਾਵੇ ਅਤੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੀ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਅੰਦੋਲਨ ਸਮੇਤ ਦੇਸ਼ ਭਰ ਦੇ ਸਾਰੇ ਕਿਸਾਨ ਅੰਦੋਲਨਾਂ ਦੌਰਾਨ ਦਰਜ ਕੇਸ ਰੱਦ ਕਰਨ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦਿੱਤਾ ਜਾਵੇ ਅਤੇ ਦਿੱਲੀ ਘੋਲ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਸਮਾਰਕ ਲਈ ਦਿੱਲੀ ਵਿੱਚ ਜਗ੍ਹਾ ਦਿੱਤੀ ਜਾਵੇ ਅਤੇ ਵਾਅਦੇ ਮੁਤਾਬਕ ਨਵਾਂ ਬਿਜਲੀ ਸੋਧ ਕਾਨੂੰਨ ਰੱਦ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜੇ ਉਕਤ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨ 13 ਫ਼ਰਵਰੀ ਨੂੰ ਸਾਰੇ ਸੂਬਿਆਂ ਤੋਂ ਦਿੱਲੀ ਵੱਲ ਕੂਚ ਕਰਨਗੇ। ਇਸ ਮਹਾਪੰਚਾਇਤ ਵਿੱਚ ਕ੍ਰਾਂਤੀਕਾਰੀ ਪੇਂਡੂ ਖੇਤ ਮਜ਼ਦੂਰ ਯੂਨੀਅਨ ਦੇ ਵਰਕਰਾਂ ਨੇ ਸ਼ਮੂਲੀਅਤ ਕਰਕੇ ਕਿਸਾਨਾਂ ਦੀ ਹਮਾਇਤ ਕੀਤੀ। ਲਖੀਮਪੁਰ ਖੀਰੀ ਦੇ ਗੁਰਦੁਆਰਾ ਮਹਿੰਗਾਪੁਰ ਵਿੱਚ ਬਾਬਾ ਗੁਰਨਾਮ ਸਿੰਘ ਵੱਲੋਂ ਕਿਸਾਨਾਂ ਦੇ ਕਾਤਲ ਸਮਝੇ ਜਾਂਦੇ ਅਜੈ ਮਿਸ਼ਰਾ ਟੈਣੀ ਨੂੰ ਦਿੱਤੇ ਸਨਮਾਨ ਦੀ ਇਕੱਠ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

Scroll to Top