AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਹਰਸਿਮਰਤ ਬਾਦਲ ਦੇ ਸੰਸਦੀ ਹਲਕੇ ’ਚ ਵਿਕਾਸ ਰੈਲੀ ਲਈ ‘ਆਪ’ ਪੱਬਾਂ ਭਾਰ

ਬਠਿੰਡਾ ਲੋਕ ਸਭਾ ਹਲਕੇ ’ਚ ਸਥਿਤ ਮੌੜ ਵਿਖੇ ‘ਆਪ’ ਵੱਲੋਂ 17 ਦਸੰਬਰ ਨੂੰ ਕੀਤੀ ਜਾ ਰਹੀ ਵਿਕਾਸ ਰੈਲੀ ਲਈ ਪੰਜਾਬ ਸਰਕਾਰ ਪੱਬਾਂ ਭਾਰ ਹੋ ਗਈ ਹੈ। ਇਸ ਰੈਲੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਮੂਲੀਅਤ ਕਰਨਗੇ। ‘ਆਪ’ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਨੇ ਦੱਸਿਆ ਕਿ ਵਿਕਾਸ ਰੈਲੀ ਦੌਰਾਨ ਸ੍ਰੀ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਇਸ ਪੱਛੜੇ ਇਲਾਕੇ ’ਚ ਲੰਬੇ ਸਮੇਂ ਤੋਂ ਲਟਕੇ ਹੋਏ ਵਿਕਾਸ ਕਾਰਜ ਮੁੜ ਆਰੰਭੇ ਜਾਣਗੇ। ਉਨ੍ਹਾਂ ਦੱਸਿਆ ਕਿ ਭਲਕੇ 15 ਦਸੰਬਰ ਨੂੰ ਮੌੜ ਵਿੱਚ ਰੈਲੀ ਵਾਲੀ ਥਾਂ ’ਤੇ ਸਬੰਧਤ ਵਿਧਾਇਕਾਂ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਦੀ ਇੱਕ ਵਿਸ਼ੇਸ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਡਿਊਟੀਆਂ ਲਗਾਉਣ ਦੇ ਨਾਲ-ਨਾਲ ਹਲਕੇ ਦੇ ਵਿਕਾਸ ਕਾਰਜਾਂ ਦੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਮਗਰੋਂ ਪਹਿਲੀ ਵਾਰ ਹਰਸਿਮਰਤ ਕੌਰ ਬਾਦਲ ਦੇ ਸੰਸਦੀ ਹਲਕੇ ਵਿੱਚ ਰੈਲੀ ਕਰਕੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਇਸ ਪਾਰਲੀਮੈਂਟ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚੋਂ ਸਾਰਿਆਂ ’ਤੇ ਜਿੱਤ ਹਾਸਲ ਕਰਕੇ ‘ਆਪ’ ਨੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਸੰਨ੍ਹ ਲਾਇਆ ਸੀ। ਹੁਣ ਇਸ ਰੈਲੀ ਲਈ ਵਿਧਾਇਕਾਂ ਵੱਲੋਂ ਲਗਾਤਾਰ ਇੱਕ ਹਫ਼ਤੇ ਤੋਂ ਪਿੰਡਾਂ ਵਿੱਚ ਨੁੱਕੜ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਲਈ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ ਕੀਤੀ ਜਾ ਰਹੀ ਹੈ। ਦਿਲਚਸਪ ਗੱਲ ਹੈ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਦਾ ਆਪਣਾ ਹਲਕਾ ਵੀ ਇਸ ਲੋਕ ਸਭਾ ਹਲਕੇ ਵਿੱਚ ਪੈਂਦਾ ਹੈ। ਪਾਰਟੀ ਹਲਕਿਆਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਰੈਲੀ ਲਈ ਪ੍ਰਿੰਸੀਪਲ ਬੁੱਧਰਾਮ ਵੱਲੋਂ ਬੁਢਲਾਡਾ ਹਲਕੇ ਵਿੱਚ, ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਧਾਨ ਸਭਾ ਹਲਕੇ ’ਚ, ਪ੍ਰੋ. ਬਲਜਿੰਦਰ ਕੌਰ ਵੱਲੋਂ ਤਲਵੰਡੀ ਸਾਬੋ ਹਲਕੇ ਵਿੱਚ, ਬਲਕਾਰ ਸਿੰਘ ਸਿੱਧੂ ਵੱਲੋਂ ਰਾਮਪੁਰਾ ਫੂਲ ਹਲਕੇ ਵਿੱਚ, ਮਾ. ਜਗਸੀਰ ਸਿੰਘ ਵੱਲੋਂ ਭੁੱਚੋ ਮੰਡੀ ਹਲਕੇ ਵਿੱਚ, ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਮੌੜ ਹਲਕੇ ਵਿੱਚ, ਜਗਰੂਪ ਸਿੰਘ ਗਿੱਲ ਵੱਲੋਂ ਬਠਿੰਡਾ ਸ਼ਹਿਰੀ ਹਲਕੇ ਵਿੱਚ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਵਿੱਚ ਰੈਲੀ ਦੀਆਂ ਤਿਆਰੀਆਂ ਆਰੰਭੀਆਂ ਹੋਈਆਂ ਹਨ। ਭਾਵੇਂ ਰਾਮਪੁਰਾ ਫੂਲ, ਬਠਿੰਡਾ ਲੋਕ ਸਭਾ ਹਲਕੇ ਵਿੱਚ ਨਹੀਂ ਪੈਦਾ ਹੈ, ਪਰ ਵਿਧਾਇਕ ਬਲਕਾਰ ਸਿੰਘ ਸਿੱਧੂ, ਬਰਨਾਲਾ ਹਲਕੇ ਤੋਂ ਗੁਰਮੀਤ ਸਿੰਘ ਹੇਅਰ ਅਤੇ ਭਦੌੜ ਤੋਂ ਲਾਭ ਸਿੰਘ ਉਗੋਕੇ ਸਮੇਤ ਕਈ ਹੋਰ ਵਿਧਾਇਕ ਇਸ ਰੈਲੀ ਲਈ ਵਰਕਰਾਂ ਨੂੰ ਵੱਡੀ ਗਿਣਤੀ ’ਚ ਲਿਜਾਣ ਲਈ ਜੁੱਟੇ ਹੋਏ ਹਨ।

Scroll to Top