AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

5 ਸਿੰਘ ਸਾਹਿਬਾਨ ਦੀ ਬੈਠਕ ਤੋਂ ਪਹਿਲਾਂ ਰਾਜੋਆਣਾ ਮਾਮਲੇ ‘ਚ ਐਡਵੋਕੇਟ ਧਾਮੀ ਦਾ ਬਿਆਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ ਕਰਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਅੜੀਅਲ ਅਤੇ ਨਾਂਹ ਪੱਖੀ ਰਵੱਈਏ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਤਾਨਾਸ਼ਾਹੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਸਰਕਾਰ ਨੇ ਸਮਾਂ ਰਹਿੰਦਿਆਂ ਭਾਈ ਰਾਜੋਆਣਾ ਸਬੰਧੀ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਦਾ ਨਿਪਟਾਰਾ ਕੀਤਾ ਹੁੰਦਾ ਤਾਂ ਉਹ ਭੁੱਖ ਹੜਤਾਲ ਰੱਖਣ ਲਈ ਮਜ਼ਬੂਰ ਨਾ ਹੁੰਦੇ। ਦੱਸਣਯੋਗ ਹੈ ਕਿ ਐਡਵੋਕੇਟ ਧਾਮੀ ਦਾ ਇਹ ਬਿਆਨ ਅੱਜ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਹਿਬਾਨ ਦੀ ਹੋ ਰਹੀ ਇਕੱਤਰਤਾ ਤੋਂ ਪਹਿਲਾਂ ਆਇਆ ਹੈ। ਇਸ ਇਕੱਤਰਤਾ ਵਿੱਚ ਬਲਵੰਤ ਸਿੰਘ ਰਾਜੋਆਣਾ ਵੱਲੋਂ ਜੇਲ੍ਹ ’ਚ ਸ਼ੁਰੂ ਕੀਤੀ ਭੁੱਖ ਹੜਤਾਲ ਦਾ ਮੁੱਦਾ ਵਿਚਾਰਿਆ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿੱਚ ਡੱਕ ਕੇ ਸਿੱਖ ਬੰਦੀਆਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ ਅਤੇ ਇੱਥੋਂ ਤੱਕ ਕਿ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਮਿਲਣ ਲਈ ਕੇਂਦਰ ਸਰਕਾਰ ਵੱਲੋਂ ਸਮਾਂ ਤੱਕ ਨਹੀਂ ਦਿੱਤਾ ਜਾ ਰਿਹਾ। ਇੰਝ ਲੱਗ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਇਹ ਮਿੱਥੇ ਟੀਚੇ ਅਨੁਸਾਰ ਹੀ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਸੰਵਿਧਾਨ ਦੀ ਤਰਜਮਾਨ ਹੁੰਦੀ ਤਾਂ ਸਿੱਖ ਬੰਦੀਆਂ ਦੀ ਮਾਮਲੇ ਵਿੱਚ ਮਨੁੱਖੀ ਅਧਿਕਾਰਾਂ ਦਾ ਉਲੰਘਣ ਨਾ ਹੋਣ ਦਿੰਦੀ। ਬੀਤੇ ਦਿਨ ਭੁੱਖ ਹੜਤਾਲ ‘ਤੇ ਜਾਣ ਮੌਕੇ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਕਿਹਾ ਇਸ ਤੋਂ ਪਹਿਲਾਂ ਵੀ ਮੈਂ ਆਪ ਜੀ ਨੂੰ ਪਿਛਲੇ ਤਕਰੀਬਨ ਇਕ ਮਹੀਨੇ ‘ਚ ਤਿੰਨ ਚਿੱਠੀਆਂ ਲਿਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ‘ਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 25 ਮਾਰਚ 2019 ਨੂੰ ਦੇਸ਼ ਦੇ ਰਾਸ਼ਟਰਪਤੀ ਜੀ ਕੋਲ ਮੇਰੀ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਆਦੇਸ਼ ਜਾਰੀ ਕਰਨ ਦੀ ਬੇਨਤੀ ਕਰ ਚੁੱਕਾ ਹਾਂ, ਕਿਉਂਕਿ ਰਾਸ਼ਟਰਪਤੀ ਕੋਲ ਪਾਈ ਗਈ ਅਪੀਲ ‘ਚ 6 ਮਹੀਨੇ ਤੋਂ ਲੈ ਕੇ ਇੱਕ ਸਾਲ ‘ਚ ਫ਼ੈਸਲਾ ਹੋ ਜਾਂਦਾ ਹੈ। ਪਰ ਇਸ ਅਪੀਲ ‘ਤੇ ਤਾਂ ਪਿਛਲੇ 11 ਸਾਲ 8 ਮਹੀਨੇ ਤੋਂ ਨਾ ਤਾਂ ਕੇਂਦਰ ਸਰਕਾਰ ਨੇ ਕੋਈ ਫ਼ੈਸਲਾ ਕੀਤਾ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦਾ ਕੋਈ ਫ਼ੈਸਲਾ ਕਰਵਾ ਸਕੀ।  ਰਾਜੋਆਣਾ ਨੇ ਕਿਹਾ ਸੀ ਸਿੰਘ ਸਾਹਿਬ ਜੀ ਮੇਰੇ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਇਸ ਅਪੀਲ  ਨੂੰ ਵਾਪਸ ਕਰਵਾਉਣ ਲਈ ਕੋਈ ਹੁਣ ਤੱਕ ਕਾਰਵਾਈ ਨਹੀਂ ਕੀਤੀ ਗਈ। ਇਸ ਲਈ ਮੈਂ ਅੱਜ ਤੋਂ ਭੁੱਖ ਹੜਤਾਲ ਸ਼ੁਰੂ ਕਰ ਰਿਹਾ ਹਾਂ। ਮੇਰੀ ਆਪ ਜੀ ਨੂੰ ਇਹ ਬੇਨਤੀ ਹੈ ਕਿ ਇਸ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕੀਤੇ ਜਾਣ, ਕਿਉਂਕਿ ਅਪੀਲ ਵਾਪਸ ਹੋਣ ਤੱਕ ਮੇਰੀ ਭੁੱਖ ਹੜਤਾਲ ਜਾਰੀ ਰਹੇਗੀ। ਇਸ ‘ਚ ਸਾਰੀ ਜ਼ਿੰਮੇਵਾਰੀ ਤੁਹਾਡੀ ਹੋਵੇਗੀ।

Scroll to Top