
ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦਾ ਵੀਰਵਾਰ ਬਾਅਦ ਦੁਪਹਿਰ ਉਨ੍ਹਾਂ ਦੇ ਪਿੰਡ ਬੱਸੀ ਵਿਚ ਸਸਕਾਰ ਕਰ ਦਿੱਤਾ ਗਿਆ। ਤਿੰਨ ਦਿਨਾਂ ਤੋਂ ਮ੍ਰਿਤਕਾ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 1158 ਸਹਾਇਕ ਪ੍ਰੋਫੈਸਰ ਤੇ ਲਾਇਬੇ੍ਰਰੀਅਨ ਫਰੰਟ ਦੇ ਕਨਵੀਨਰ ਜਸਵਿੰਦਰ ਕੌਰ ਦੀ ਅਗਵਾਈ ਹੇੇਠ ਸਿਵਲ ਹਸਪਤਾਲ ਦੇ ਮੇਨ ਗੇਟ ਅੱਗੇ ਧਰਨਾ ਲਗਾਈ ਰੱਖਿਆ, ਜਿਸ ’ਚ ਵੱਖ-ਵੱਖ ਜਥੇਬੰਦੀਆਂ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆ, ਸੁਖਵਿੰਦਰ ਸਿੰਘ ਵਿਸਕੀ ਤੇ ਹੋਰ ਆਗੂ ਧਰਨੇ ਵਿਚ ਸ਼ਾਮਲ ਰਹੇ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਧਰ ਪੁਲਿਸ ਪ੍ਰਸ਼ਾਸਨ ਨੇ ਧਰਨਾਕਾਰੀਆਂ ਨੂੰ ਹਸਪਤਾਲ ਦੇ ਅੰਦਰ ਨਾ ਵੜਨ ਦਿੱਤਾ ਤੇ ਵੱਡੀ ਗਿਣਤੀ ’ਚ ਪੁਲਿਸ ਬਲ ਤਾਇਨਾਤ ਸੀ। ਉਧਰ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਪੁਲਿਸ ਵੱਲੋਂ ਪਰਿਵਾਰ ਨੂੰ ਭਰੋਸੇ ’ਚ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ ਹੈ। ਤਿੰਨ ਡਾਕਟਰਾਂ ਦਾ ਬੋਰਡ ਬਣਾ ਕੇ ਪੋਸਟਮਾਰਟਮ ਕੀਤਾ ਗਿਆ। ਇਸ ਤੋਂ ਬਾਅਦ ਵੀ ਪਰਿਵਾਰ ਨੇ ਕਾਫ਼ੀ ਦੇਰ ਤੱਕ ਲਾਸ਼ ਨਹੀਂ ਚੁੱਕੀ। ਪਰਿਵਾਰ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਵਾਅਦਾ ਲਿਖਤੀ ਰੂਪ ’ਚ ਦਿੱਤਾ ਜਾਵੇ।